ਤੀਆਂ
ਪੰਜਾਬ ਤਿਉਹਾਰਾਂ ਦੀ ਧਰਤੀ ਹੈ। ਪੰਜਾਬੀ ਸੱਭਿਆਚਾਰ ਵਿੱਚ ਸਾਉਣ ਮਹੀਨੇ ਦੀ ਵਿਸ਼ੇਸ਼ ਮਹੱਤਤਾ ਹੈ। ਇਸ ਮਹੀਨੇ ਮਾਪੇ ਜਿੱਥੇ ਆਪਣੀਆਂ ਵਿਆਂਹਦੜ ਧੀਆਂ ਨੂੰ ਸੰਧਾਰੇ ਦੇ ਰੂਪ ਵਿੱਚ ਮੱਠੀਆਂ, ਬਿਸਕੁਟ ਤੇ ਹੋਰ ਮਠਿਆਈਆਂ ਲੈ ਕੇ ਜਾਂਦੇ ਹਨ, ਉੱਥੇ ਸਹੁਰੇ ਘਰ ਬੈਠੀਆਂ ਸਜ-ਵਿਆਹੀਆਂ ਦੇ ਮਨਾਂ ਅੰਦਰ ਆਪਣੇ ਪੇਕੇ ਘਰ ਜਾ ਕੇ ਆਪਣੀਆਂ ਹਾਣੀ ਕੁੜੀਆਂ ਨੂੰ ਮਿਲਣ ਦੀ ਤਾਂਘ ਵੀ ਪ੍ਰਗਟ ਹੁੰਦੀ ਹੈ ਪਰ ਅਮੀਰ ਪੰਜਾਬੀ ਸੱÎਭਿਆਚਾਰ ‘ਤੇ ਪਏ ਪੱਛਮੀ ਸੱਭਿਆਚਾਰ ਦੇ ਪ੍ਰਭਾਵ ਨੇ ਪਿੰਡਾਂ ‘ਚੋਂ ਤੀਆਂ ਦੇ ਪਿੜ ਲੋਪ ਕਰ ਦਿੱਤੇ ਹਨ। ਅੱਜ ਤੋਂ ਤਿੰਨ-ਚਾਰ ਦਹਾਕੇ ਪਹਿਲਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਾਉਣ ਮਹੀਨੇ ਕੁੜੀਆਂ ਪਿੰਡ ਤੋਂ ਬਾਹਰ ਇਕੱਠੀਆਂ ਹੋ ਕੇ ਪੀਂਘਾਂ ਝੂਟਦੀਆਂ ਗਿੱਧਾ ਪਾਉਂਦੀਆਂ ਹੋਈਆਂ ਇੱਕ-ਦੂਜੀ ਨਾਲ ਦੁੱਖ ਸਾਂਝੇ ਕਰਦੀਆਂ ਸਨ। ਜਿਹੜੀਆਂ ਔਰਤਾਂ ਨੇ ਬਚਪਨ ਵਿੱਚ ਤੀਆਂ ਦਾ ਮਾਹੌਲ ਦੇਖਿਆ ਹੈ, ਉਨ੍ਹਾਂ ਦੇ ਮਨ ਵਿੱਚ ਦੁਬਾਰਾ ਤੀਆਂ ‘ਤੇ ਜਾਣ ਦਾ ਚਾਅ ਪੈਦਾ ਹੁੰਦਾ ਹੈ। ਪਿੰਡਾਂ ਦੀਆਂ ਬਜ਼ੁਰਗ ਔਰਤਾਂ ਦਾ ਦੱਸਣਾ ਹੈ ਕਿ ਪਹਿਲੇ ਸਮੇਂ ਵਿੱਚ ਔਰਤਾਂ ਨੂੰ ਸਾਉਣ ਮਹੀਨੇ ਦੀ ਉਡੀਕ ਰਹਿੰਦੀ ਸੀ ਪਰ ਹੁਣ ਲੋਕਾਂ ਵਿੱਚੋਂ ਪਿਆਰ ਦੀ ਖਿੱਚ ਘਟਣ ਕਰਕੇ ਤੀਆਂ ਦਾ ਰੰਗ ਫਿੱਕਾ ਪੈ ਗਿਆ ਹੈ। ਪਿੰਡਾਂ ਦੇ ਪਿੜਾਂ ਵਿੱਚ ਤੀਆਂ ਦੇ ਖੜਾਕ ਪੈਣ ਦੀ ਥਾਂ ਹੁਣ ਇਹ ਤੀਆਂ ਸਕੂਲਾਂ, ਕਾਲਜਾਂ ਦੀਆਂ ਸਟੇਜਾਂ ਦਾ ਕੁਝ ਘੰਟੇ ਦਾ ਮਹਿਮਾਨ ਬਣ ਕੇ ਰਹਿ ਗਈਆਂ ਹਨ। ਭਾਵੇਂ ਪੰਜਾਬੀ ਸੱਭਿਆਚਾਰ ਦੇ ਹਮਦਰਦ ਇਸ ਤਿਉਹਾਰ ਨੂੰ ਜਿਉਂਦਾ
ਰੱਖਣ ਲਈ ਵਿਸ਼ੇਸ਼ ਉਪਰਾਲੇ ਕਰਦੇ ਹੋਏ ਪੰਜਾਬ ਦੀਆਂ ਇੱਕਾ-ਦੁੱਕਾ ਥਾਵਾਂ ‘ਤੇ ਤੀਆਂ ਲਵਾ ਰਹੇ ਹਨ ਪਰ ਟੀ ਵੀ ਚੈਨਲਾਂ ਦੇ ਪ੍ਰਭਾਵ ਕਾਰਨ ਜਿਹੜੀਆਂ ਕੁੜੀਆਂ ਇਨ੍ਹਾਂ ਤੀਆਂ ਦੇ ਵਿਹੜਿਆਂ ਵਿੱਚ ਆਉਂਦੀਆਂ ਵੀ ਹਨ, ਉਨ੍ਹਾਂ ਦੇ ਕੱਪੜੇ ਅਤੇ ਰਹਿਣ-ਸਹਿਣ ਦਾ ਢੰਗ ਪੱਛਮੀ ਸੱਭਿਆਚਾਰ ਵਾਲੇ ਹੋਣ ਕਰਕੇ ਤੀਆਂ ਵਿੱਚ ਪਹਿਲਾਂ ਵਾਲੀ ਧਮਾਲ ਨਹੀਂ ਪੈਂਦੀ। ਬਜ਼ੁਰਗ ਔਰਤਾਂ ਦਾ ਕਹਿਣਾ ਹੈ ਕਿ ਜਦੋਂ ਪੰਜਾਬ ਅਤਿਵਾਦ ਦੀ ਭੱਠੀ ਵਿੱਚ ਝੁਲਸ ਰਿਹਾ ਸੀ, ਉਸ ਸਮੇਂ ਪੰਜਾਬ ਵਿੱਚ ਤੀਆਂ ਦੀ ਧਮਾਲ ਪੈਂਦੀ ਸੀ ਪਰ ਪੰਜਾਬ ਵਿੱਚ ਚੱਲ੍ਹੀ ਪੱਛਮੀ ਸੱਭਿਆਚਾਰ ਦੀ ਹਨੇਰੀ ਅਤਿਵਾਦ ਤੋਂ ਵੀ ਘਾਤਕ ਸਾਬਤ ਹੋ ਰਹੀ ਹੈ। ਵਰਤਮਾਨ ਸਮੇਂ ਇਹ ਤੀਆਂ ਨਿੱਜੀ ਸਮਾਜ ਸੇਵੀ ਸੰਸਥਾਵਾਂ ਜਾਂ
ਸਕੂਲਾਂ-ਕਾਲਜਾਂ ਦੇ ਪ੍ਰਬੰਧਕਾਂ ਵੱਲੋਂ ਲਗਾਈਆਂ ਜਾਂਦੀਆਂ ਹਨ ਪਰ ਇਨ੍ਹਾਂ ਤੀਆਂ ਦੀਆਂ ਸਟੇਜਾਂ ‘ਤੇ ਕੁੜੀਆਂ ਬਿਊਟੀ ਪਾਰਲਰਾਂ ਤੋਂ ਤਿਆਰ ਹੋ ਕੇ ਬਨਾਉਟੀ ਗਹਿਣੇ ਪਾ ਕੇ ਗਿੱਧਾ ਪਾਉਂਦੀਆਂ ਹਨ ਜਿਸ ਵਿੱਚੋਂ ਪੰਜਾਬੀ ਸੱਭਿਆਚਾਰ ਦੀ ਝਲਕ ਨਹੀਂ ਪੈਂਦੀ। ਆਉ! ਫਿਰ ਪੰਜਾਬੀ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਜਿਉਂਦਾ ਰੱਖਣ ਲਈ ਪੁਰਾਤਨ ਤੀਆਂ ਦੇ ਪਿੜਾਂ ਦੀ ਪਿੰਡ-ਪਿੰਡ ਸਥਾਪਤੀ ਕਰਨ ਲਈ ਆਪਣਾ ਯੋਗਦਾਨ ਪਾਈਏ ਤਾਂ ਜੋ ਸਾਡੇ ਅਮੀਰ ਪੰਜਾਬੀ ਸੱਭਿਆਚਾਰ ਵਿਰਸੇ ਦੀ ਪੁਰਾਤਨ ਧਾਂਕ ਕਾਇਮ ਰੱਖੀ ਜਾ ਸਕੇ।
ਤੀਆਂ ਅਤੇ ਗੀਤ
ਪਿੱਪਲੀ ਹੇਠਾਂ ਆਈਆਂ ਕੁੜੀਆਂ
ਪਾ ਕੇ ਛਾਪਾਂ-ਛੱਲੇ
ਇੱਕ ਕੁੜੀ ਦੀ ਝਾਂਜਰ ਛਣਕੀ
ਹੋ ਗਈ ਬੱਲੇ ਬੱਲੇ
ਗਿੱਧਾ ਕੁੜੀਆਂ ਦਾ ਪੈਂਦਾ ਪਿੱਪਲ ਥੱਲੇ
ਤੀਆਂ ਵੀਡਿਓੁ