ਲੋਹੜੀ :ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
‘ਦੁੱਲਾ ਭੱਟੀ
ਲੋਹੜੀ ਦਾ ਇਤਿਹਾਸ ਦੁੱਲਾ ਭੱਟੀ ਦੀ ਕਹਾਣੀ ਨਾਲ ਵੀ ਜੁੜਿਆ ਹੋਇਆ ਹੈ। ਦੁੱਲਾ ਭੱਟੀ ਅਕਬਰ ਦੇ ਸ਼ਾਸ਼ਨਕਾਲ ਦੌਰਾਨ ਇੱਕ ਡਾਕੂ ਸੀ ਜੋ ਕਿ ਅਮੀਰ ਲੋਕਾਂ ਦਾ ਮਾਲ ਲੁੱਟ ਕੇ ਗਰੀਬ ਲੋਕਾਂ ਵਿੱਚ ਵੰਡ ਦਿੰਦਾ ਸੀ। ਉਸ ਇਲਾਕੇ ਦੇ ਗਰੀਬ ਲੋਕ ਉਸ ਦੀ ਇਸ ਦਰਿਆ-ਦਿਲੀ ਦੇ ਕਾਇਲ ਸਨ ਇਸ ਕਰਕੇ ਉਹ ਲੋਕ ਉਸ ਦਾ ਆਦਰ-ਸਤਿਕਾਰ ਤੇ ਉਸ ਨੂੰ ਪਿਆਰ ਵੀ ਕਰਦੇ ਸਨ। ਇੱਕ ਵਾਰ ਦੀ ਗੱਲ ਹੈ ਕਿ ਉਸ ਨੇ ਇੱਕ ਲੜਕੀ ਤੋਂ ਅਗਵਾਕਾਰਾਂ ਤੋਂ ਇੱਕ ਲੜਕੀ ਨੂੰ ਛੁਡਾਇਆ ਤੇ ਉਸ ਲੜਕੀ ਨੂੰ ਆਪਣੀ ਧਰਮ ਦੀ ਧੀ ਬਣਾ ਲਿਆ। ਜਦ ਦੁੱਲਾ-ਭੱਟੀ ਨੇ ਉਸ ਲੜਕੀ ਦਾ ਵਿਆਹ ਕੀਤਾ ਤਾਂ ਉਸ ਨੇ ਉਸ ਦੇ ਵਿਆਹ ਵਿੱਚ ਤੋਹਫ਼ੇ ਦੇ ਤੌਰ ਤੇ ਸ਼ੱਕਰ ਪਾ ਦਿੱਤੀ ਸੀ। ਇੱਕ ਹੋਰ ਦੰਤ-ਕਥਾ ਅਨੁਸਾਰ: ਸੁੰਦਰੀ-ਮੁੰਦਰੀ ਇੱਕ ਗਰੀਬ ਬ੍ਰਾਹਮਣ ਦੀਆਂ ਮੰਗੀਆਂ ਹੋਈਆਂ ਧੀਆਂ ਸਨ ਪਰ ਗਰੀਬੀ ਕਾਰਨ ਵਿਆਹ ਵਿੱਚ ਦੇਰ ਹੋ ਰਹੀ ਸੀ। ਹਾਕਮ ਨੂੰ ਕੁੜੀਆਂ ਦੇ ਹੁਸਨ ਦਾ ਪਤਾ ਲੱਗ ਗਿਆ ਤਾਂ ਉਸ ਨੇ ਇਨ੍ਹਾਂ ਨੂੰ ਜ਼ੋਰੀਂ ਚੁੱਕਣ ਦੀ ਧਾਰ ਲਈ ਲਈ। ਇਸ ਦੀ ਭਿਣਕ ਬ੍ਰਾਹਮਣ ਨੂੰ ਵੀ ਪੈ ਗਈ। ਇਸ ਲਈ ਉਸਨੇ ਕੁੜੀਆਂ ਦਾ ਜਲਦੀ ਵਿਆਹ ਕਰਨ ਲਈ ਜੰਗਲ ਵਿੱਚ ਦੁੱਲੇ ਨਾਲ ਸੰਪਰਕ ਕੀਤਾ ਅਤੇ ਦੁੱਲੇ ਨੇ ਵਿਆਹ ਦੀ ਜ਼ੁੰਮੇਵਾਰੀ ਲੈ ਲਈ ਅਤੇ ਸੁਖਦੇਵ ਮਾਦਪੁਰੀ ਦੇ ਸ਼ਬਦਾਂ ਵਿੱਚ,” “ਕੁੜੀਆਂ ਦੇ ਸਹੁਰਿਆਂ ਨੇ ਹਾਕਮ ਤੋਂ ਡਰਦਿਆਂ ਕਿਹਾ ਕਿ ਉਹ ਰਾਤ ਸਮੇਂ ਹੀ ਵਿਆਹੁਣ ਆਉਣਗੇ। ਪਿੰਡ ਤੋਂ ਬਾਹਰ ਜੰਗਲ ਵਿੱਚ ਵਿਆਹ ਰਚਾਉਣ ਦਾ ਪ੍ਰਬੰਧ ਕੀਤਾ ਗਿਆ। ਰੌਸ਼ਨੀ ਲਈ ਲੱਕੜੀਆਂ ਇਕੱਠੀਆਂ ਕਰ ਕੇ ਅੱਗ ਬਾਲੀ ਗਈ। ਦੁੱਲੇ ਨੇ ਆਲੇ-ਦੁਆਲੇ ਦੇ ਪਿੰਡਾਂ ਤੋਂ ਦਾਨ ਇਕੱਠਾ ਕੀਤਾ। ਪਿੰਡ ਵਿੱਚ ਜਿਨ੍ਹਾਂ ਦੇ ਘਰ ਨਵੇਂ ਵਿਆਹ ਹੋਏ ਸਨ ਜਾਂ ਜਿਨ੍ਹਾਂ ਦੇ ਬਾਲ ਜਨਮੇ ਸਨ ਉਨ੍ਹਾਂ ਨੇ ਵੀ ਸੁੰਦਰ-ਮੁੰਦਰੀ ਦੇ ਵਿਆਹ ’ਤੇ ਆਪਣੇ ਵੱਲੋਂ ਕੁਝ ਨਾ ਕੁਝ ਗੁੜ-ਸ਼ੱਕਰ ਤੇ ਦਾਣੇ ਆਦਿ ਦੇ ਰੂਪ ਵਿੱਚ ਦਾਨ ਦਿੱਤਾ। ਦੁੱਲੇ ਕੋਲ ਕੰਨਿਆ-ਦਾਨ ਦੇਣ ਲਈ ਇਕ ਲੱਪ ਸ਼ੱਕਰ ਦੀ ਹੀ ਸੀ। ਕੁੜੀਆਂ ਦਾ ਡੋਲਾ ਤੁਰ ਗਿਆ ਤੇ ਗ਼ਰੀਬ ਬ੍ਰਾਹਮਣ ਨੇ ਦੁੱਲੇ ਦਾ ਲੱਖ-ਲੱਖ ਸ਼ੁਕਰ ਕੀਤਾ। ਕਿਹਾ ਜਾਂਦਾ ਹੈ ਕਿ ਉਦੋਂ ਤੋਂ ਲੋਹੜੀ ਮਨਾਉਣ ਦਾ ਰਿਵਾਜ ਪੈ ਗਿਆ। ਇਸ ਕਰਕੇ ਹੀ ਹਰ ਲੋਹੜੀ ਦੇ ਦਿਨ ਦੁੱਲੇ ਨੂੰ ਹਰ ਲੋਹੜੀ ਦੇ ਸਮੇਂ ਯਾਦ ਕੀਤਾ ਜਾਂਦਾ ਹੈ। ਬੱਚੇ ਜਦ ਲੋਹੜੀ ਮੰਗਣ ਦੂਜਿਆਂ ਦੇ ਘਰਾਂ ’ਚ ਜਾਂਦੇ ਹਨ ਤਾਂ ਉਹ ਇਹ ਗੀਤ ਗਾਉਂਦੇ ਹੋਏ ਨਜ਼ਰ ਆਉਂਦੇ ਹਨ:
ਸੁੰਦਰ ਮੁੰਦਰੀਏ ਹੋ!
ਤੇਰਾ ਕੌਣ ਵਿਚਾਰ ਹੋ!
ਦੁੱਲਾ ਭੱਟੀ ਵਾਲਾ ਹੋ!
ਦੁੱਲੇ ਧੀ ਵਿਆਹੀ ਹੋ!
ਸੇਰ ਸੱਕਰ ਪਾਈ ਹੋ!
ਕੁੜੀ ਦਾ ਲਾਲ ਪਤਾਕਾ ਹੋ!
ਕੁੜੀ ਦਾ ਸਾਲੂ ਪਾਟਾ ਹੋ!
ਸਾਲੂ ਕੌਣ ਸਮੇਟੇ!
ਚਾਚਾ ਗਾਲ਼ੀ ਦੇਸੇ!
ਚਾਚੇ ਚੂਰੀ ਕੁੱਟੀ!
ਜ਼ਿੰਮੀਦਾਰਾਂ ਲੁੱਟੀ!
ਜ਼ਿੰਮੀਦਾਰ ਸੁਧਾਏ!
ਬਮ ਬਮ ਭੋਲ਼ੇ ਆਏ!
ਇੱਕ ਭੋਲ਼ਾ ਰਹਿ ਗਿਆ!
ਸਿਪਾਹੀ ਫੜ ਕੇ ਲੈ ਗਿਆ!
ਸਿਪਾਹੀ ਨੇ ਮਾਰੀ ਇੱਟ!
ਭਾਵੇਂ ਰੋ ‘ਤੇ ਭਾਵੇਂ ਪਿੱਟ!
ਸਾਨੂੰ ਦੇ ਦੇ ਲੋਹੜੀ,
‘ਤੇ ਤੇਰੀ ਜੀਵੇ ਜੋੜੀ!
ਲੋਹੜੀ ਦਾ ਮੂਲ ਦੀਆਂ ਹੋਰ ਕਹਾਣੀਆਂ:
ਲੋਈ:
ਕੁਝ ਲੋਕ ਲੋਹੜੀ ਨੂੰ ਸੰਤ ਕਬੀਰ ਦੀ ਪਤਨੀ ਲੋਈ ਨਾਲ ਜੋੜਦੇ ਹਨ ਅਤੇ ਮੰਨਦੇ ਹਨ ਕਿ ਉਸੇ ਦੇ ਨਾਮ ਤੋਂ ਲੋਹੜੀ ਦਾ ਨਾਮ ਪਿਆ ਹੈ।
ਲੋਹ:
ਕੁਝ ਲੋਕ ਮੰਨਦੇ ਹਨ ਲੋਹੜੀ ਦਾ ਸ਼ਬਦ ਲੋਹ ਤੋਂ ਬਣਿਆ ਹੈ ਜਿਸਦਾ ਅਰਥ ਹੈ ਰੌਸ਼ਨੀ ਅਤੇ ਅੱਗ ਦਾ ਸੇਕ ।
ਹੋਲਿਕਾ ਅਤੇ ਪ੍ਰਹਿਲਾਦ:
ਇੱਕ ਪੌਰਾਣਿਕ ਕਥਾ ਅਨੁਸਾਰ ਹੋਲੀ ਦਾ ਸੰਬੰਧ ਹਰਨਾਖ਼ਸ਼ ਦੀ ਭੈਣ ਹੋਲਿਕਾ ਨਾਲ ਜੋੜਿਆ ਜਾਂਦਾ ਹੈ। ਹਰਨਾਕਸ਼ ਨੇ ਪ੍ਰਹਿਲਾਦ ਨੂੰ ਸਾੜਕੇ ਮਾਰਨ ਲਈ ਹੋਲਿਕਾ ਨੂੰ ਨਿਯੁਕਤ ਕੀਤਾ ਸੀ ਜਿਸ ਨੂੰ ਵਰ ਸੀ ਕਿ ਉਹ ਅੱਗ ਵਿਚ ਨਹੀਂ ਜਲੇਗੀ। ਉਹ ਪ੍ਰਹਿਲਾਦ ਨੂੰ ਗੋਦ ਵਿਚ ਲੈ ਅੱਗ ਵਿਚ ਬੈਠ ਗਈ। ਉਹ ਆਪ ਸੜ ਕੇ ਸੁਆਹ ਹੋ ਗਈ ਪਰ ਪ੍ਰਹਿਲਾਦ ਨੂੰ ਕੁਝ ਨਾ ਹੋਇਆ। ਕਿਹਾ ਜਾਂਦਾ ਹੈ ਕਿ ਲੋਹੜੀ ਹੋਲਿਕਾ ਦੀ ਭੈਣ ਸੀ।
ਤਿਲ ਅਤੇ ਰਿਓੜੀਆਂ:
ਲੋਹੜੀ ਸ਼ਬਦ ਤਿਲ ਅਤੇ ਰਿਓੜੀਆਂ ਸ਼ਬਦਾਂ ਦੇ ਮੇਲ ਤੋਂ ਬਣਿਆ ਹੈ, ਜੋ ਪਹਿਲਾਂ ਤਿਲੋਹੜੀ ਅਤੇ ਫਿਰ ਸਮੇਂ ਦੇ ਨਾਲ ਨਾਲ ਸਰਲ ਹੋ ਕੇ ਲੋਹੜੀ ਕਹਿਲਾਉਣ ਲੱਗ ਪਿਆ।